ਨਿਊਯਾਰਕ- ਸੰਯੁਕਤ ਰਾਸ਼ਟਰ ਜਨਰਲ ਸਕੱਤਰ ਐਂਟੋਨੀਓ ਗੁਤਾਰੇਸ ਨੇ ਕੋਵਿਡ-19 ਮਹਾਮਾਰੀ ਦੇ ਮੌਜੂਦਾ ਸੰਕਟ ’ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਕੋਵਿਡ-19 ਨਾਲ ਪੈਦਾ ਹੋਏ ਹਾਲਾਤਾਂ ਬਾਰੇ ਸੁਰੱਖਿਆ ਪ੍ਰੀਸ਼ਦ ਦੇ ਸਾਹਮਣੇ ਕਿਹਾ ਕਿ ਮੌਜੂਦਾ ਸਮੇਂ ’ਚ ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣਾ ਅਤੇ ਭਵਿੱਖ ਲਈ ਸੁਰੱਖਿਆ ਸਭ ਤੋਂ ਵੱਡੀ ਚੁਣੌਤੀ ਹੈ।

ਉਨ੍ਹਾਂ ਨੇ ਖਦਸ਼ਾ ਪ੍ਰਗਟਾਇਆ ਕਿ ਮਹਾਮਾਰੀ ਦਰਮਿਆਨ ਇਸ ਸਾਲ ਦੇ ਅਖੀਰ ਤੱਕ 13 ਕਰੋੜ ਤੋਂ ਜ਼ਿਆਦਾ ਲੋਕ ਭੁੱਖਮਰੀ ਦੇ ਸ਼ਿਕਾਰ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ’ਚ ਮਹਾਮਾਰੀ ਕਾਰਨ ਦੁਨੀਆ ਦੇ ਇਕ ਅਰਬ ਤੋਂ ਜ਼ਿਆਦਾ ਬੱਚੇ ਸਕੂਲ ਨਹੀਂ ਜਾ ਰਹੇ ਹਨ। ਇਸ ਮਹਾਮਾਰੀ ਕਾਰਣ ਪੈਦਾ ਹੋਏ ਸੰਕਟ ਅਤੇ ਲਾਕਡਾਊਨ ਕਾਰਣ ਵੈਕਸੀਨੇਸ਼ਨ ਪ੍ਰੋਗਰਾਮ ’ਚ ਵੀ ਰੁਕਾਵਟ ਆਈ ਹੈ। ਇਸ ਕਾਰਣ ਖਸਰਾ ਅਤੇ ਪੋਲੀਓ ਵਰਗੀਆਂ ਬੀਮਾਰੀਆਂ ਫੈਲਣ ਦਾ ਖਤਰਾ ਪੈਦਾ ਹੋ ਗਿਆ ਹੈ।