ਮੰਡੀ ਲੱਖੇਵਾਲੀ/ ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ): 14 ਅਗਸਤ ਨੂੰ ਅਧਿਕਾਰ ਦਿਵਸ ਮੌਕੇ ਦੇਸ਼ ਭਰ ਦੀਆਂ 28 ਲੱਖ ਤੋਂ ਵੱਧ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸਰਕਾਰੀ ਮੁਲਾਜ਼ਮ ਦਾ ਦਰਜਾ ਲੈਣ ਵਾਸਤੇ ਆਪਣੀ ਆਵਾਜ ਬੁਲੰਦ ਕਰਨਗੀਆਂ। ਉਪਰੋਕਤ ਜਾਣਕਾਰੀ ਆਂਗਣਵਾੜੀ ਇੰਪਲਾਇਜ ਫੈਡਰੇਸ਼ਨ ਆਫ਼ ਇੰਡੀਆ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਿਛਲੇ 45 ਸਾਲਾਂ ਤੋਂ ਸਮੇਂ ਦੀਆਂ ਸਰਕਾਰਾਂ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਮੂਲੀ ਜਿਹਾ ਮਾਣਭੱਤਾ ਦੇ ਕੇ ਲਾਰਿਆਂ ਵਿਚ ਹੀ ਰੱਖਿਆ ਹੈ ਤੇ ਉਨ੍ਹਾਂ ਨੂੰ ਸਰਕਾਰੀ ਮੁਲਾਜਮ ਦਾ ਦਰਜਾ ਨਹੀਂ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਜਦ ਤੱਕ ਵਰਕਰਾਂ ਤੇ ਹੈਲਪਰਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਘੱਟੋ ਘੱਟ ਉਜਰਤਾ ਨੂੰ ਮੁੱਖ ਰੱਖਦਿਆਂ ਵਰਕਰ ਨੂੰ ਹਰ ਮਹੀਨੇ 24 ਹਜ਼ਾਰ ਰੁਪਏ ਤੇ ਹੈਲਪਰ ਨੂੰ 18 ਹਜ਼ਾਰ ਰੁਪਏ ਮਾਣਭੱਤਾ ਦਿੱਤਾ ਜਾਵੇ।