ਮਾਨਸਾ,(ਮਿੱਤਲ)- ਝੋਨੇ ਦੀ ਸੁਚੱਜੀ ਖਰੀਦ ਸੁਨਿਸ਼ਚਿਤ ਕਰਨ ਲਈ ਪੰਜਾਬ ਰਾਜ ਖੇਤੀਬਾੜੀ ਮੰਡੀਕਰਣ ਬੋਰਡ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲ੍ਹਾ ਮਾਨਸਾ ‘ਚ ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ  ਸਰਕਾਰੀ ਖਰੀਦ ਜ਼ੋ ਪਹਿਲਾਂ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾਣੀ ਸੀ ਉਹ ਹੁਣ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ 27 ਸਤੰਬਰ ਤੋਂ ਸ਼ੁਰੂ ਹੋਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰਸ੍ਰੀ ਮਹਿੰਦਰ ਪਾਲ ਨੇ ਅਧਿਕਾਰੀਆਂ ਨਾਲ ਖਰੀਦ ਪ੍ਰਬੰਧਾਂ ਦਾ ਅਗੇਤਾ ਜਾਇਜ਼ਾ ਲੈਂਦੇ ਹੋਏ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਾਇਰੈਕਟਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਪੰਜਾਬ ਤੋਂ ਜਾਰੀ ਪੱਤਰ ਮੁਤਾਬਿਕ ਸਰਕਾਰੀ ਏਜੰਸੀਆਂ ਦੁਆਰਾ ਝੋਨੇ ਦੀ ਖਰੀਦ 27 ਸਤੰਬਰ ਤੋਂ ਆਰੰਭ ਕਰਨ ਦੀ ਪ੍ਰਵਾਨਗੀ ਭਾਰਤ ਸਰਕਾਰ ਵੱਲੋਂ ਦਿੱਤੀ ਗਈ ਹੈ।   ਉਨ੍ਹਾਂ ਦੱਸਿਆ ਕਿ ਇਨ੍ਹਾਂ ਖਰੀਦ ਕੇਂਦਰਾਂ ‘ਤੇ ਝੋਨੇ ਦੀ ਖਰੀਦ ਨੂੰ ਸੰਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਸੈਕਟਰ ਅਫ਼ਸਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖਰੀਦ ਕੇਂਦਰ ਵਿੱਚ ਕੋਈ ਵੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਸੰਬੰਧਤ ਸੈਕਟਰ ਅਫ਼ਸਰ ਇਸ ਸੰਬੰਧੀ ਸੰਬੰਧਤ ਉਪ ਮੰਡਲ ਮੈਜਿਸਟ੍ਰੇਟ ਨਾਲ ਤਾਲਮੇਲ ਕਰਕੇ ਹੱਲ ਕਰਨਾ ਯਕੀਨੀ ਬਣਾਏਗਾ। ਡਿਪਟੀ ਕਮਿਸ਼ਨਰ ਨੇ ਮੰਡੀਆਂ ਦੀ ਸਾਫ਼ ਸਫ਼ਾਈ , ਬਿਜਲੀ, ਪਾਣੀ, ਬੈਠਣ ਵਿਵਸਥਾ ਆਦਿ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਸਮੁੱਚੀ ਦੇਖ ਰੇਖ ਦੀ ਹਦਾਇਤ ਕੀਤੀ। ਉਨ੍ਹਾਂ ਮੰਡੀ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਦੌਰਾਨ ਮੰਡੀਆਂ ਵਿੱਚ ਕੋਵਿਡ ਸਬੰਧੀ ਸਿਹਤ ਸਲਾਹਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਹੱਥ ਧੋਣ ਲਈ ਸਾਬਣਾਂ ਅਤੇ ਸੈਨੇਟਾਈਜ਼ਰ, ਮਾਸਕ ਆਦਿ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ।  ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਸਾਗਰ ਸੇਤੀਆ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਰਾਜਪਾਲ ਸਿੰਘ, ਐਸ.ਡੀ.ਐਮ. ਮਾਨਸਾ ਸ਼ਿਖਾ ਭਗਤ, ਸਹਾਇਕ ਕਮਿਸ਼ਨਰ ਸ਼੍ਰੀਮਤੀ ਸਰਬਜੀਤ ਕੌਰ, ਜ਼ਿਲ੍ਹਾ ਫੂਡ ਅਤੇ ਸਪਲਾਈ ਕੰਟਰੋਲਰ ਸ੍ਰੀਮਤੀ ਮਧੂ ਅਤੇ ਮੰਡੀ ਅਧਿਕਾਰੀ ਵੀ ਹਾਜ਼ਰ ਸਨ।